ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ 2 ਕਿਲੋਗ੍ਰਾਮ 10 ਗ੍ਰਾਮ ਅਫੀਮ ਸਮੇਤ ਇੱਕ ਨੌਜਵਾਨ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਹੈ। ਇਹ ਸਾਰੀ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਅੰਜਾਮ ਦਿੱਤੀ ਗਈ।
ਪੁਲਿਸ ਕਮਿਸ਼ਨਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, 18 ਦਸੰਬਰ 2025 ਨੂੰ ਕਰਾਈਮ ਬ੍ਰਾਂਚ ਦੀ ਟੀਮ ਨੇ ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਵਿਖੇ ਗੁਰੂਦੁਆਰਾ ਅਤੇ ਰਾਮ ਮੰਦਰ ਦੇ ਨੇੜੇ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਰੋਕ ਕੇ ਜਾਂਚ ਕੀਤੀ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸਾਹਿਲ ਉਰਫ਼ ਖੱਤਰੀ ਪੁੱਤਰ ਅਨਿਲ ਕੁਮਾਰ, ਵਾਸੀ ਅਰਜਨ ਨਗਰ, ਥਾਣਾ ਰਾਮਾ ਮੰਡੀ, ਜਲੰਧਰ ਵਜੋਂ ਹੋਈ।
ਜਦੋਂ ਪੁਲਿਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 2 ਕਿਲੋ 10 ਗ੍ਰਾਮ ਅਫੀਮ ਬਰਾਮਦ ਹੋਈ। ਇਸ ਮਾਮਲੇ ਸਬੰਧੀ ਥਾਣਾ ਰਾਮਾ ਮੰਡੀ, ਕਮਿਸ਼ਨਰੇਟ ਜਲੰਧਰ ਵਿਖੇ ਮੁਕੱਦਮਾ ਨੰਬਰ 362 ਮਿਤੀ 18.12.2025 ਅਧੀਨ ਧਾਰਾ 18/61/85 NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ ਚਾਰ ਅਪਰਾਧਿਕ ਕੇਸ ਦਰਜ ਹਨ। ਫਿਲਹਾਲ ਮੁਲਜ਼ਮ ਤੋਂ ਹੋਰ ਡੂੰਘੀ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਇਸ ਜਾਲ ਨਾਲ ਜੁੜੇ ਅੱਗੇ-ਪਿੱਛੇ ਦੇ ਸਾਰੇ ਲਿੰਕੇਜ ਖੰਗਾਲੇ ਜਾ ਰਹੇ ਹਨ। ਪੁਲਿਸ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Social Plugin