ਬਠਿੰਡਾ ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਸਿਵਲ ਲਾਈਨ ਅਤੇ ਪੀਸੀਆਰ ਟੀਮ ਦੀ ਸਾਂਝੀ ਕਾਰਵਾਈ ਦੌਰਾਨ ਮੋਬਾਈਲ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਚੋਰੀ ਕੀਤੇ ਹੋਏ ਵੱਖ-ਵੱਖ ਮਾਰਕਾ ਦੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ-2 ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਮੰਦਰ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਅਜੀਤ ਰੋਡ ਸਥਿਤ ਉਸਦੀ ਦੁਕਾਨ ‘ਤੇ ਉਸਦੇ ਪਿਤਾ ਮੌਜੂਦ ਸਨ, ਜਦੋਂ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਸਿਗਰਟ ਮੰਗਣ ਦੇ ਬਹਾਨੇ ਗੱਲਾਂ ‘ਚ ਉਲਝਾ ਕੇ ਦੁਕਾਨ ‘ਤੇ ਪਿਆ ਮੋਬਾਈਲ ਫੋਨ ਚੋਰੀ ਕਰ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।
ਡੀਐਸਪੀ ਨੇ ਦੱਸਿਆ ਕਿ ਇਸ ਵਾਰਦਾਤ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਪੁਲਿਸ ਦੀਆਂ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਚੋਰ ਮੋਬਾਈਲ ਫੋਨ ਦੋ ਹੋਰ ਵਿਅਕਤੀਆਂ ਨੂੰ ਵੇਚਦੇ ਸਨ, ਜਿਨ੍ਹਾਂ ਨੂੰ ਵੀ ਬਾਅਦ ਵਿੱਚ ਕਾਬੂ ਕਰ ਲਿਆ ਗਿਆ। ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ 10 ਚੋਰੀਸ਼ੁਦਾ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਵਾਸੀ ਥਰਮਲ ਕਲੋਨੀ, ਕੋਮਲ ਧੀਰ, ਬੰਟੀ ਅਤੇ ਪਵਨ ਸ਼ਰਮਾ ਵਾਸੀ ਨਵੀਂ ਬਸਤੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਸੰਭਾਵਨਾ ਹੈ ਕਿ ਹੋਰ ਖੁਲਾਸੇ ਵੀ ਹੋ ਸਕਦੇ ਹਨ।

Social Plugin