ਸਾਲ ਦੇ ਆਖਰੀ ਦਿਨ ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਨਾਕਾਬੰਦੀ ਦੌਰਾਨ ਡੱਬਵਾਲੀ ਮੰਡੀ (ਹਰਿਆਣਾ) ਦੇ ਰਹਿਣ ਵਾਲੇ ਰਾਹੁਲ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਕੁਮਾਰ ਕੁਝ ਸਮੇਂ ਤੋਂ ਬਠਿੰਡਾ ਵਿੱਚ ਰਹਿ ਰਿਹਾ ਸੀ।
ਐਸਪੀ ਸਿਟੀ ਨਰਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਗੂ ਰੋਡ ਟੀ-ਪੁਆਇੰਟ ‘ਤੇ ਲਗਾਏ ਨਾਕੇ ਦੌਰਾਨ ਇੱਕ ਸਕੂਟਰ ਸਵਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਸਕੂਟਰ ਵਿੱਚੋਂ 524 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਵੱਲੋਂ ਮੁਲਜ਼ਮ ਨਾਲ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸਨੂੰ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਹੋਰ ਨਸ਼ਾ ਤਸਕਰਾਂ ਤੱਕ ਪਹੁੰਚਣ ਲਈ ਜਾਂਚ ਨੂੰ ਹੋਰ ਤੇਜ਼ ਕੀਤਾ ਗਿਆ ਹੈ।

Social Plugin