ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਅੱਡਾ ਕਲੋਇਆਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਮੋਟਰਸਾਈਕਲ ਮਕੈਨਿਕ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਕੰਧਾਲਾ ਸ਼ੇਖਾਂ ਵਜੋਂ ਹੋਈ ਹੈ, ਜੋ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਸਥਿਤ ਪਿੰਡ ਕਲੋਇਆਂ ਵਿੱਚ ਮਕੈਨਿਕ ਦਾ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਵਾਰਦਾਤ ਦੌਰਾਨ ਦੋ ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਬਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਟਾਂਡਾ ਦੇ ਵੇਵਸ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਹਾਲਾਂਕਿ ਫਿਲਹਾਲ ਕਤਲ ਦੇ ਕਾਰਨਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ।

Social Plugin