ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਪੰਜਾਬ ਵੱਲੋਂ ਈਮੇਲ ਧਮਕੀਆਂ ਨੂੰ ਬੰਬ ਧਮਕੀਆਂ ਵਜੋਂ ਪੇਸ਼ ਕਰਕੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗੈਰ-ਜ਼ਿੰਮੇਵਾਰਾਨਾ ਅਤੇ ਸਨਸਨੀਖੇਜ਼ ਰਾਜਨੀਤੀ ਨਾਲ ਨਾ ਸਿਰਫ਼ ਪੰਜਾਬ ਦੀ ਛਵੀ ਖ਼ਰਾਬ ਕੀਤੀ ਜਾ ਰਹੀ ਹੈ, ਸਗੋਂ ਦੇਸ਼ ਵਿਰੋਧੀ ਤੱਤਾਂ ਨੂੰ ਵੀ ਮਜ਼ਬੂਤੀ ਮਿਲਦੀ ਹੈ।
ਅਮਨ ਅਰੋੜਾ ਨੇ ਐਕਸ (ਟਵਿੱਟਰ) ‘ਤੇ ਭਾਜਪਾ ਪੰਜਾਬ ਦੀ ਪੋਸਟ ਦਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ ਅੰਮ੍ਰਿਤਸਰ, ਜਲੰਧਰ ਜਾਂ ਪਟਿਆਲਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਹੀਂ ਹੋਈ ਅਤੇ ਨਾ ਹੀ ਕੋਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਪੁਸ਼ਟੀ ਵਾਲੀਆਂ ਈਮੇਲਾਂ ਨੂੰ ਬੰਬ ਧਮਕੀਆਂ ਵਜੋਂ ਪੇਸ਼ ਕਰਨਾ ਲੋਕਾਂ ਵਿੱਚ ਘਬਰਾਹਟ ਪੈਦਾ ਕਰਨ ਦੇ ਬਰਾਬਰ ਹੈ, ਜੋ ਸੂਬੇ ਅਤੇ ਦੇਸ਼ ਦੋਵਾਂ ਦੀ ਸੁਰੱਖਿਆ ਲਈ ਨੁਕਸਾਨਦਾਇਕ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਜਾਣਬੁੱਝ ਕੇ ਡਰ ਦੀ ਰਾਜਨੀਤੀ ਕਰ ਰਹੀ ਹੈ ਅਤੇ ਅਜਿਹੀਆਂ ਹਰਕਤਾਂ ਨਾਲ ਦੇਸ਼ ਦੇ ਦੁਸ਼ਮਣਾਂ ਦੀ ਮਦਦ ਹੋ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੂੰ ਦਹਿਸ਼ਤ ਫੈਲਾਉਣ ਦੀ ਬਜਾਏ ਪੰਜਾਬ ਦੇ ਨਾਲ ਖੜ੍ਹ ਕੇ ਦੇਸ਼ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਇਕਜੁੱਟ ਹੋਣਾ ਚਾਹੀਦਾ ਹੈ।
ਆਪ ਪ੍ਰਧਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਦਿੱਲੀ ਸਰਕਾਰਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਰਕਾਰਾਂ ਕੋਲ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦਾ ਪੂਰਾ ਕੰਟਰੋਲ ਹੋਣ ਦੇ ਬਾਵਜੂਦ ਲਾਲ ਕਿਲ੍ਹੇ ਦੇ ਨੇੜੇ ਹੋਏ ਭਿਆਨਕ ਬੰਬ ਧਮਾਕੇ ਨੂੰ ਨਹੀਂ ਰੋਕ ਸਕੀਆਂ, ਉਨ੍ਹਾਂ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਉਂਗਲੀ ਚੁੱਕਣ ਦਾ ਕੋਈ ਨੈਤਿਕ ਹੱਕ ਨਹੀਂ।
ਅੰਤ ਵਿੱਚ ਅਮਨ ਅਰੋੜਾ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਚੇਤ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਡਰ ਨਹੀਂ, ਸਗੋਂ ਜ਼ਿੰਮੇਵਾਰ ਅਤੇ ਪਾਰਦਰਸ਼ੀ ਸ਼ਾਸਨ ‘ਚ ਵਿਸ਼ਵਾਸ ਰੱਖਦੀ ਹੈ। ਪੰਜਾਬ ਸੁਰੱਖਿਅਤ ਹੈ ਅਤੇ ਭਾਜਪਾ ਦੀਆਂ ਰਾਜਨੀਤਿਕ ਚਾਲਾਂ ਨਾਲ ਜਨਤਕ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ।

Social Plugin