ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕੋਈ ਵੀ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਉੱਪਰ ਬਣਨ ਦੀ ਕੋਸ਼ਿਸ਼ ਨਾ ਕਰੇ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਪੰਥ ਵਿਰੁੱਧ ਲਗਾਤਾਰ ਚੁਣੌਤੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੁਕਾਬਲਾ ਕਰਨ ਲਈ ਕੌਮ ਨੂੰ ਇਕਜੁਟ ਹੋਣ ਦੀ ਲੋੜ ਹੈ।
ਪ੍ਰਧਾਨ ਧਾਮੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਸ੍ਰੀ ਅਕਾਲ ਤਖਤ ਸਾਹਿਬ ਦੇ ਅਧਿਕਾਰਾਂ ਵਿੱਚ ਦਖਲ ਹੈ, ਕਿਉਂਕਿ ਇਹ ਮਾਮਲਾ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਅਧੀਨ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਐਸਜੀਪੀਸੀ ਸਾਲਾਂ ਤੋਂ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਦੀ ਆ ਰਹੀ ਹੈ ਤਾਂ ਕੀ ਹੁਣ ਇਹ ਜ਼ਿੰਮੇਵਾਰੀ ਪੁਲਿਸ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਡਾ. ਈਸ਼ਰ ਦੀ ਰਿਪੋਰਟ ਅਨੁਸਾਰ 328 ਪਾਵਨ ਸਰੂਪ ਗੁੰਮ ਨਹੀਂ ਹੋਏ, ਸਗੋਂ ਇਸ ਮਾਮਲੇ ਨੂੰ ਬੇਵਜ੍ਹਾ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਪ੍ਰਧਾਨ ਧਾਮੀ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਦੇ ਵੀ ਨਿੱਜੀ ਸਵਾਰਥ ਲਈ ਜੰਗ ਨਹੀਂ ਲੜੀ, ਬਲਕਿ ਜ਼ੁਲਮ ਦੇ ਖ਼ਿਲਾਫ਼, ਦਬੇ-ਕੁਚਲੇ ਅਤੇ ਧਰਮ ਦੀ ਰੱਖਿਆ ਲਈ ਸੰਘਰਸ਼ ਕੀਤਾ।
ਇਸ ਮੌਕੇ ਉਨ੍ਹਾਂ ਭਾਜਪਾ ਵੱਲੋਂ ਗੁਰੂ ਸਾਹਿਬ ਅਤੇ ਚਾਰ ਸਾਹਿਬਜ਼ਾਦਿਆਂ ਦੇ ਕਾਰਟੂਨ ਬਣਾਉਣ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਅਜਿਹੀਆਂ ਹਰਕਤਾਂ ਤੋਂ ਬਾਜ਼ ਨਾ ਆਈਆਂ ਤਾਂ ਸਿੱਖ ਪੰਥ ਨੂੰ ਸਖ਼ਤ ਫੈਸਲੇ ਕਰਨੇ ਪੈ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬਾਨਾਂ ਨੂੰ ਮਨੁੱਖੀ ਰੂਪ ਜਾਂ ਕਾਰਟੂਨ ਵਜੋਂ ਦਰਸਾਉਣਾ ਸਿੱਖ ਭਾਵਨਾਵਾਂ ਨਾਲ ਖਿਲਵਾਡ਼ ਹੈ ਅਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
.webp)
Social Plugin