ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗਾਜ਼ੀਆਬਾਦ ਦੇ ਨੌਜਵਾਨ ਸੁਭਾਨ ਰੰਗਰੀਜ਼ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਮੁਲਜ਼ਮ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ (ਜੇਲ੍ਹ) ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦਾ ਰਹਿਣ ਵਾਲਾ ਸੁਭਾਨ ਰੰਗਰੀਜ਼ ਬੀਤੀ 13 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਇਆ ਸੀ। ਦੋਸ਼ ਹੈ ਕਿ ਇਸ ਦੌਰਾਨ ਉਸ ਨੇ ਪਵਿੱਤਰ ਸਰੋਵਰ ਦੇ ਕਿਨਾਰੇ ਬੈਠ ਕੇ 'ਵਜ਼ੂ' ਕੀਤਾ ਅਤੇ ਸਰੋਵਰ ਦੇ ਜਲ ਨਾਲ ਕੁਰਲੀ ਕਰਕੇ ਮਰਿਆਦਾ ਦੀ ਉਲੰਘਣਾ ਕੀਤੀ। ਇਸ ਸਾਰੀ ਘਟਨਾ ਦੀ ਉਸ ਨੇ ਆਪਣੇ ਸਾਥੀ ਤੋਂ ਵੀਡੀਓ ਵੀ ਬਣਵਾਈ, ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਸੀ, ਜਿਸ ਦੇ ਆਧਾਰ 'ਤੇ ਥਾਣਾ ਈ-ਡਿਵੀਜ਼ਨ ਅੰਮ੍ਰਿਤਸਰ ਵਿਖੇ ਬੇਅਦਬੀ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
24 ਜਨਵਰੀ ਨੂੰ ਗਾਜ਼ੀਆਬਾਦ ਵਿੱਚ ਨਿਹੰਗ ਸਿੰਘਾਂ ਨੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ।
ਮੁੱਢਲੀ ਕੁੱਟਮਾਰ ਤੋਂ ਬਾਅਦ ਉਸ ਨੂੰ ਯੂਪੀ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ, ਜਿੱਥੋਂ ਪੰਜਾਬ ਪੁਲਿਸ ਉਸ ਨੂੰ ਟ੍ਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਲੈ ਕੇ ਆਈ।
ਪਿਛਲੇ ਤਿੰਨ ਦਿਨਾਂ ਤੋਂ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਅਧੀਨ ਚੱਲ ਰਹੇ ਸੁਭਾਨ ਦਾ ਅੱਜ ਰਿਮਾਂਡ ਖ਼ਤਮ ਹੋ ਗਿਆ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਢਲੀ ਜਾਂਚ ਮੁਕੰਮਲ ਕਰ ਲਈ ਗਈ ਹੈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਸੀ ਜਾਂ ਇਹ ਸ਼ਰਾਰਤਵੱਸ ਕੀਤਾ ਗਿਆ ਕਾਰਾ ਸੀ।

Social Plugin