ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਇਲਾਕੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਨੌਜਵਾਨ ਮਨਵਿੰਦਰ ਸਿੰਘ ਦੀ ਉਸ ਦੇ ਹੀ ਸਕੂਲ ਵਿੱਚ ਪੜ੍ਹਦੇ ਦੋ ਸਾਥੀਆਂ ਵੱਲੋਂ ਤੇਜ਼ਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਮਾਮੂਲੀ ਤਕਰਾਰ ਤੋਂ ਸ਼ੁਰੂ ਹੋਈ ਲੜਾਈ ਦੌਰਾਨ ਵਾਪਰੀ, ਜੋ ਕੁਝ ਹੀ ਪਲਾਂ ਵਿੱਚ ਕਤਲ ਵਿੱਚ ਤਬਦੀਲ ਹੋ ਗਈ।
ਪੁਲਿਸ ਅਨੁਸਾਰ, ਹਮਲਾ ਕਰਨ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਖਮਾਣੋਂ ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਜ਼ਖ਼ਮੀ ਹਾਲਤ ਵਿੱਚ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ।
ਡੀਐਸਪੀ ਖਮਾਣੋਂ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵੇਲੇ ਉਹ ਖੰਨਾ ਰੋਡ ’ਤੇ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣਾਈ ਦਿੱਤੀ, ਉਹ ਤੁਰੰਤ ਮੌਕੇ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਭਤੀਜੇ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਵੇਖਿਆ। ਉਨ੍ਹਾਂ ਦੋਸ਼ ਲਗਾਇਆ ਕਿ ਮਨਵਿੰਦਰ ’ਤੇ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਉਸ ਦੀ ਜਾਨ ਲੈ ਲਈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

Social Plugin