ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਚਲਾਏ ਗਏ ਇੱਕ ਖੁਫੀਆ-ਅਧਾਰਤ ਵਿਸ਼ੇਸ਼ ਆਪਰੇਸ਼ਨ ਤੋਂ ਬਾਅਦ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਨੇ ਕਬੱਡੀ ਪ੍ਰਮੋਟਰ ਰਾਣਾ ਬਾਲਾਚੌਰੀ ਦੇ ਕਤਲ ਵਿੱਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਦਰਦਨਾਕ ਕਤਲ 15 ਦਸੰਬਰ, 2025 ਨੂੰ ਸੈਕਟਰ-79, ਸੋਹਾਣਾ, ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਇਆ ਸੀ।
ਸ਼ੂਟਰ ਪੱਛਮੀ ਬੰਗਾਲ ਤੋਂ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸ਼ੂਟਰਾਂ ਦੀ ਪਛਾਣ ਕਰਨ ਪਾਠਕ @ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੂੰ ਅੱਜ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ STF, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਮਦਦ ਨਾਲ ਹਾਵੜਾ, ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਵਿਦੇਸ਼ ਵਿੱਚ ਬੈਠੇ ਇਸ ਮਾਮਲੇ ਦੇ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਕਰੀਬੀ ਰਿਸ਼ਤੇਦਾਰ ਆਕਾਸ਼ ਨੂੰ ਵੀ ਕਾਬੂ ਕੀਤਾ ਗਿਆ ਹੈ। ਅਗਲੇਰੀ ਜਾਂਚ ਲਈ ਸਾਰੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।
ਪੁਲਿਸ ਅਨੁਸਾਰ, ਇਸ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾਉਣ ਲਈ ਬਾਕੀ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੰਜਾਬ ਪੁਲਿਸ ਨੇ ਦੁਹਰਾਇਆ ਕਿ ਉਹ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਪੂਰੇ ਸੂਬੇ ਵਿੱਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Social Plugin