ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਖਵਾਸਪੁਰ 'ਚ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਸ਼ੇ ਵਿੱਚ ਧੁੱਤ ਨੌਜਵਾਨ ਨੇ ਮੱਥਾ ਟੇਕਣ ਦੇ ਬਹਾਨੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਗੋਲਕ ਵਿੱਚੋਂ ਨਕਦੀ ਚੋਰੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਆਰੋਪੀ ਨੇ ਗੁਰਦੁਆਰਾ ਸਾਹਿਬ ਵਿੱਚ ਸ਼ਸੋਭਿਤ ਧਾਰਮਿਕ ਸ਼ਸਤਰਾਂ ਨਾਲ ਵੀ ਕਥਿਤ ਤੌਰ ’ਤੇ ਛੇੜਛਾੜ ਕੀਤੀ ਅਤੇ ਉਨ੍ਹਾਂ ਦੀ ਤੋੜ-ਫੋੜ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਅਤੇ ਸੰਗਤ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਰੋਪੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਗੋਲਕ ਵਿਚੋਂ ਚੋਰੀ ਕੀਤੀ ਗਈ ਰਕਮ ਦੇ ਨਾਲ-ਨਾਲ ਸ਼ਰਾਬ ਦੀ ਬੋਤਲ ਦਾ ਇੱਕ ਕੁਆਰਟਰ ਅਤੇ ਨਮਕੀਨ ਭੁਜੀਆ ਵੀ ਬਰਾਮਦ ਹੋਈ।
ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾਡ਼ ਦੱਸਦੇ ਹੋਏ ਦੋਸ਼ੀ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਬਾਅਦ ਵਿੱਚ ਆਰੋਪੀ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਵੱਲੋਂ ਮੁਲਜ਼ਮ ਦੀ ਪਹਿਚਾਣ ਪਿੰਡ ਫਤਿਹਾਬਾਦ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ ਵੱਜੋਂ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Social Plugin