ਦਿੱਲੀ ਵਿਧਾਨ ਸਭਾ ਦੀ ਆਮ ਆਦਮੀ ਪਾਰਟੀ (AAP) ਦੀ ਨੇਤਾ ਆਤਿਸ਼ੀ ਮਾਰਲੇਨਾ ਨਾਲ ਜੁੜੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਜਲੰਧਰ ਦੀ ਅਦਾਲਤ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਇਸਨੂੰ ਐਡਿਟ ਕਰਕੇ ਫੈਲਾਇਆ ਗਿਆ।
ਅਦਾਲਤ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਇਸ ਵੀਡੀਓ ਨੂੰ ਤੁਰੰਤ ਹਟਾਇਆ ਜਾਵੇ। ਨਾਲ ਹੀ, ਜਿਸ ਵੀ ਖਾਤੇ ਜਾਂ ਪਲੇਟਫਾਰਮ ਰਾਹੀਂ ਇਹ ਵੀਡੀਓ ਅੱਪਲੋਡ ਜਾਂ ਸਾਂਝੀ ਕੀਤੀ ਗਈ ਸੀ, ਉਸ ਨਾਲ ਸਬੰਧਤ ਸਾਰੇ ਲਿੰਕ ਵੀ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ।
ਮਾਮਲੇ ਅਨੁਸਾਰ, ਆਤਿਸ਼ੀ ਦੀ ਇਸ ਕਥਿਤ ਵੀਡੀਓ ਨੂੰ ਫੈਲਾਉਣ ਦੇ ਦੋਸ਼ਾਂ ਹੇਠ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਤਿੰਨ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਅਤੇ ਫੋਰੈਂਸਿਕ ਲੈਬ ਦੀ ਰਿਪੋਰਟ ਮੰਗੀ ਗਈ ਸੀ।
ਜਲੰਧਰ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਮਾਣਯੋਗ ਜੱਜ ਹਰਪ੍ਰੀਤ ਕੌਰ ਨੇ ਫੋਰੈਂਸਿਕ ਜਾਂਚ ਰਿਪੋਰਟ ਦੇ ਆਧਾਰ ’ਤੇ ਕਿਹਾ ਕਿ ਵੀਡੀਓ ਨਾਲ ਛੇੜਛਾੜ ਸਾਬਤ ਹੋ ਚੁੱਕੀ ਹੈ। ਅਦਾਲਤ ਦੇ ਇਸ ਫੈਸਲੇ ਨੂੰ ਰਾਜਨੀਤਿਕ ਹਲਕਿਆਂ ਵਿੱਚ ਭਾਜਪਾ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Social Plugin