ਜਲੰਧਰ, 12 ਜਨਵਰੀ- ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।
ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕ ਮਿਲਣੀਆਂ ਦਾ ਮੂਲ ਉਦੇਸ਼ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ। ਸਾਡੀ ਸਰਕਾਰ ਹਰੇਕ ਨਾਗਰਿਕ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਨਿਰੰਤਰ ਯਤਨਾਂ ਸਦਕਾ ਪੰਜਾਬ ਇਕ ਵਾਰ ਫਿਰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਉਭਰੇਗਾ।”

Social Plugin