
ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਦੇ ਦਿਨ-ਦਿਹਾੜੇ ਹੋਏ ਕਤਲ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਖੂਨੀ ਵਾਰਦਾਤ ਤੋਂ ਬਾਅਦ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਔਜਲਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਸਰਕਾਰਾਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ।
"ਪੰਜਾਬ ਨੂੰ ਮਜ਼ਬੂਤ ਮੁੱਖ ਮੰਤਰੀ ਦੀ ਲੋੜ"
ਮੀਡੀਆ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਕਿਹਾ:
"ਰੋਜ਼ਾਨਾ ਹੋ ਰਹੀਆਂ ਗੈਂਗਵਾਰਾਂ ਅਤੇ ਕਤਲ ਦੀਆਂ ਵਾਰਦਾਤਾਂ ਸਾਬਤ ਕਰਦੀਆਂ ਹਨ ਕਿ ਮੌਜੂਦਾ ਸਰਕਾਰ ਫੇਲ੍ਹ ਹੋ ਚੁੱਕੀ ਹੈ। ਪੰਜਾਬ ਨੂੰ ਇਸ ਵਕਤ ਇੱਕ ਅਜਿਹੇ ਤਾਕਤਵਾਰ ਅਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ ਹੈ ਜੋ ਸੂਬੇ ਨੂੰ ਅਪਰਾਧ ਮੁਕਤ ਕਰ ਸਕੇ।"
ਕੇਂਦਰ 'ਤੇ ਤਿੱਖੇ ਹਮਲੇ: "ਬੀਜੇਪੀ ਸਿੱਖਾਂ ਨਾਲ ਕਰਦੀ ਹੈ ਨਫ਼ਰਤ"
ਸੰਸਦ ਮੈਂਬਰ ਨੇ ਕੇਂਦਰ ਸਰਕਾਰ ਨੂੰ ਵੀ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਲੀਡਰਸ਼ਿਪ ਪੰਜਾਬ ਦੇ ਹਾਲਾਤਾਂ ਵੱਲ ਜਾਣਬੁੱਝ ਕੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਸਾਨੀ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਕੇਂਦਰ ਦੀ ਸਿੱਖਾਂ ਅਤੇ ਪੰਜਾਬੀਆਂ ਪ੍ਰਤੀ ਨਫ਼ਰਤ ਦੀ ਵੱਡੀ ਮਿਸਾਲ ਹੈ।
ਬਿੱਟੂ-ਰਾਹੁਲ ਵਿਵਾਦ ਅਤੇ ਇਤਿਹਾਸਕ ਸਵਾਲ
ਔਜਲਾ ਨੇ ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਨੂੰ "ਗੱਦਾਰ ਦੋਸਤ" ਕਹੇ ਜਾਣ ਦਾ ਸਮਰਥਨ ਕਰਦਿਆਂ ਕਿਹਾ ਕਿ ਸਿਆਸੀ ਹਾਲਾਤ ਬਦਲਦਿਆਂ ਹੀ ਕਈਆਂ ਦੇ ਚਿਹਰੇ ਨੰਗੇ ਹੋ ਗਏ ਹਨ। ਉਨ੍ਹਾਂ ਨੇ ਭਾਜਪਾ ਨੂੰ ਪੁਰਾਣੇ ਸਵਾਲਾਂ ਵਿੱਚ ਘੇਰਦਿਆਂ ਪੁੱਛਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਮੇਂ ਭਾਜਪਾ ਦਾ ਰੁਖ਼ ਕੀ ਸੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਕਿੱਥੇ ਕਮੀ ਰਹੀ?
ਔਜਲਾ ਨੇ ਅੰਤ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਅਜੇ ਵੀ ਅਪਰਾਧ ਨੂੰ ਨੱਥ ਨਾ ਪਾਈ, ਤਾਂ ਪੰਜਾਬ ਦੇ ਹਾਲਾਤ ਹੋਰ ਵੀ ਚਿੰਤਾਜਨਕ ਹੋ ਸਕਦੇ ਹਨ।
Social Plugin