Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

UP 'ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨਾਲ ਭੇਦਭਾਵ, ਕਕਾਰਾਂ ਕਾਰਨ ਪੇਪਰ ਤੋਂ ਰੋਕਣਾ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ : ਐਡਵੋਕੇਟ ਧਾਮੀ

 

IMG

ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀ.ਏ. ਦੀ ਪ੍ਰੀਖਿਆ ਦੌਰਾਨ ਕਿਰਪਾਨ ਪਹਿਨਣ ਕਾਰਨ ਪ੍ਰੀਖਿਆ ਹਾਲ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੀ ਘਟਨਾ ਨੇ ਸਿੱਖ ਜਗਤ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਕਾਰਵਾਈ ਨੂੰ ਅਤਿ-ਨਿੰਦਨਯੋਗ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦੀ ਅਟੂਟ ਪਹਿਚਾਣ ਹਨ ਅਤੇ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੀ ਧਾਰਮਿਕ ਰਹਿਣੀ ਅਨੁਸਾਰ ਜੀਵਨ ਜਿਉਣ ਦੀ ਪੂਰੀ ਆਜ਼ਾਦੀ ਦਿੰਦਾ ਹੈ। ਇਸ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਦਾ ਵਾਰ-ਵਾਰ ਵਾਪਰਨਾ ਬਹੁਤ ਹੀ ਦੁੱਖਦਾਇਕ ਹੈ।

ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਨੂੰ ਸਬੰਧਿਤ ਕਾਲਜ ਵਿੱਚ ਜਾਂਚ ਲਈ ਭੇਜਿਆ ਗਿਆ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਾਲਜ ਪ੍ਰਿੰਸੀਪਲ ਅਤੇ ਸਬੰਧਿਤ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਜਾਂ ਹੋਰ ਅਕਾਦਮਿਕ ਗਤੀਵਿਧੀਆਂ ਦੌਰਾਨ ਧਰਮ ਦੇ ਆਧਾਰ ’ਤੇ ਪ੍ਰੇਸ਼ਾਨ ਕਰਨਾ ਕਤਈ ਬਰਦਾਸ਼ਤਯੋਗ ਨਹੀਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਸਬੰਧੀ ਕਈ ਵਾਰ ਅਗਾਹ ਕੀਤਾ ਜਾ ਚੁੱਕਾ ਹੈ, ਪਰ ਫਿਰ ਵੀ ਜਾਨਬੁੱਝ ਕੇ ਸਿੱਖ ਵਿਦਿਆਰਥੀਆਂ ਨਾਲ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਉੱਤਰ ਪ੍ਰਦੇਸ਼ ਸਰਕਾਰ ਦੇ ਉੱਚ ਪੱਧਰ ਤੱਕ ਲੈ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।