
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਦੇ ਅਕਾਦਮਿਕ ਸੈਸ਼ਨ ਲਈ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਵਜੀਫ਼ਿਆਂ ਦੇ ਚੈੱਕ ਸੌਂਪੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਕੁੱਲ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਵਿੱਚ ਸਹਾਇਤਾ ਲਈ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿੱਥੇ ਦੇਸ਼ ਭਰ ਵਿੱਚ ਗੁਰਮਤਿ ਸਮਾਗਮਾਂ ਰਾਹੀਂ ਪ੍ਰਚਾਰ ਕਰ ਰਹੀ ਹੈ, ਉੱਥੇ ਹੀ ਆਪਣੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਗੁਰਸਿੱਖ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਹਰ ਸਾਲ ਕਰੋੜਾਂ ਰੁਪਏ ਖਰਚ ਕਰਦੀ ਹੈ।
ਪ੍ਰਧਾਨ ਧਾਮੀ ਨੇ ਜਾਣਕਾਰੀ ਦਿੱਤੀ ਕਿ ਇਸ ਸਕੀਮ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਵਜੀਫ਼ੇ ਦਿੱਤੇ ਜਾਂਦੇ ਹਨ। ਉਨ੍ਹਾਂ ਵਜੀਫ਼ਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਗੁਰਸਿੱਖੀ ਜੀਵਨ ਵਿੱਚ ਪਰਪੱਕ ਰਹਿਣ ਦਾ ਸੱਦਾ ਦਿੱਤਾ।
ਐਡਵੋਕੇਟ ਧਾਮੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਸ਼੍ਰੋਮਣੀ ਕਮੇਟੀ ਦੀਆਂ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Social Plugin