Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਕੋਟਕਪੂਰਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ, ਖੇਤਾਂ 'ਚੋਂ ਮਿਲੇ 6 ਸਰੂਪ

 

IMG

ਕੋਟਕਪੂਰਾ ਸ਼ਹਿਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਇਕ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਵੀਂ ਅਨਾਜ ਮੰਡੀ ਦੇ ਪਿੱਛੇ ਖੇਤਾਂ ਵਿੱਚ ਇੱਕ ਕ੍ਰੇਟ ਵਿਚੋਂ ਗੁਟਕਾ ਸਾਹਿਬ ਦੇ 6 ਸਰੂਪ ਬਰਾਮਦ ਕੀਤੇ ਗਏ। ਸਵੇਰੇ ਇੱਕ ਵਿਅਕਤੀ ਨੇ ਸੁਣਸਾਨ ਥਾਂ ’ਤੇ ਇਹ ਸਰੂਪ ਪਏ ਹੋਏ ਵੇਖੇ ਅਤੇ ਤੁਰੰਤ ਇਸ ਬਾਰੇ ਗੁਰਦੁਆਰਾ ਚੁੱਲਾ ਸਾਹਿਬ ਦੇ ਪ੍ਰਬੰਧਕਾਂ ਨੂੰ ਜਾਣਕਾਰੀ ਦਿੱਤੀ।

ਸੂਚਨਾ ਮਿਲਦੇ ਹੀ ਗੁਰਦੁਆਰਾ ਪ੍ਰਬੰਧਕ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਰੇ ਸਰੂਪ ਮਰਿਆਦਾ ਸਹਿਤ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਰਖਵਾ ਦਿੱਤੇ। ਪ੍ਰਾਰੰਭਿਕ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵਿੱਚੋਂ ਇੱਕ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਡਾ. ਪ੍ਰਗਿਆ ਜੈਨ ਅਤੇ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ।

ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਪੁਰਾਤਨ ਜਾਂ ਬਿਰਧ ਸਰੂਪ ਹਨ ਤਾਂ ਉਹਨਾਂ ਨੂੰ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਜਮ੍ਹਾਂ ਕਰਵਾਇਆ ਜਾਵੇ, ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਇਸ ਦੌਰਾਨ ਪੰਥਕ ਆਗੂ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਸੰਤੋਸ਼ਜਨਕ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਿਸੇ ਦੀ ਲਾਪਰਵਾਹੀ ਦਾ ਨਤੀਜਾ ਹੈ ਜਾਂ ਕਿਸੇ ਨੇ ਜਾਣਬੁੱਝ ਕੇ ਇਹ ਕੰਮ ਕੀਤਾ ਹੈ, ਇਸ ਬਾਰੇ ਸੱਚਾਈ ਜਾਂਚ ਮਗਰੋਂ ਹੀ ਸਾਹਮਣੇ ਆਵੇਗੀ। ਉਨ੍ਹਾਂ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।