
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਹੋਣ ਜਾ ਰਿਹਾ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੱਡਾ ਰੋਸ ਮੁਜ਼ਾਹਰਾ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਸੰਬੰਧੀ ਤਿਆਰੀਆਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਠਿੰਡਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੇ ਸੂਬਾ ਆਗੂ ਬਲਰਾਜ ਮੌੜ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਸਨ, ਪਰ ਅੱਜ ਤੱਕ ਉਨ੍ਹਾਂ ’ਤੇ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਹਰ ਵਾਰ ਮੀਟਿੰਗਾਂ ਰੱਖ ਕੇ ਮਾਮਲਿਆਂ ਨੂੰ ਟਾਲਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਟ੍ਰੈਕਟ, ਆਉਟਸੋਰਸ ਅਤੇ ਰੋਜ਼ਾਨਾ ਵੇਤਨ ’ਤੇ ਕੰਮ ਕਰ ਰਹੇ ਹਜ਼ਾਰਾਂ ਕਰਮਚਾਰੀ 15 ਤੋਂ 20 ਸਾਲਾਂ ਤੋਂ ਸੇਵਾ ਦੇ ਰਹੇ ਹਨ, ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਸਰਕਾਰ ਵੱਲੋਂ ਹਰ ਛੇ ਮਹੀਨੇ ਬਾਅਦ ਉਨ੍ਹਾਂ ਦੀਆਂ ਸੂਚੀਆਂ ਮੰਗੀਆਂ ਜਾਂਦੀਆਂ ਹਨ, ਪਰ ਨਤੀਜਾ ਸਿਫ਼ਰ ਰਹਿੰਦਾ ਹੈ।
ਇਸ ਤੋਂ ਇਲਾਵਾ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਨਾ ਕਰਨ, ਹੋਰ ਰਾਜਾਂ ਦੇ ਮੁਕਾਬਲੇ 16 ਫੀਸਦੀ ਡੀਏ ਦੀ ਕਟੌਤੀ, ਪੇ ਕਮਿਸ਼ਨ ਦੇ ਬਕਾਏ ਅਦਾ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਨੂੰ ਲੈ ਕੇ ਵੀ ਗੰਭੀਰ ਨਾਰਾਜ਼ਗੀ ਪ੍ਰਗਟ ਕੀਤੀ ਗਈ। ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਨਾ ਕਰਨ ’ਤੇ ਵੀ ਰੋਸ ਜਤਾਇਆ ਗਿਆ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਮੰਗ ਪੱਤਰ ਵਿੱਚ ਦਰਜ ਮਸਲਿਆਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਗੁੱਸਾ ਵਧ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਪ੍ਰਦਰਸ਼ਨ ਕੀਤੇ ਜਾਣਗੇ ਅਤੇ 8 ਮਾਰਚ ਦਾ ਰੋਸ ਮਾਰਚ ਇਸ ਸੰਘਰਸ਼ ਦੀ ਸ਼ੁਰੂਆਤ ਹੋਵੇਗਾ।
ਮੀਟਿੰਗ ਵਿੱਚ ਰਣਜੀਤ ਸਿੰਘ ਸਿਧੂ, ਅੰਮ੍ਰਿਤਪਾਲ ਸਿੰਘ, ਸੁਰੇਸ਼ ਕੁਮਾਰ ਗੋਨਿਆਨਾ, ਹਰਪ੍ਰੀਤ ਸਿੰਘ, ਅੰਗਰੇਜ਼ ਮੌੜ, ਪਰਮ ਚੰਦ ਬਠਿੰਡਾ, ਗੁਰਜੰਟ ਸਿੰਘ ਮਾਨ, ਪੂਰਨ ਸਿੰਘ, ਹਰਮਨਪ੍ਰੀਤ ਸਿੰਘ, ਸੁਨੀਲ ਕੁਮਾਰ, ਅਮਨਦੀਪ ਸਿੰਘ, ਸੁਖਰਾਜ ਸਿੰਘ, ਜਗਦੀਪ ਫੂਸਮੰਡੀ, ਬਲਜਿੰਦਰ ਸਿੰਘ, ਗੁਰਭੇਜ ਭੇਜੀ, ਗੁਰਚਰਨ ਜੋੜਕੀਆਂ ਸਮੇਤ ਹੋਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
Social Plugin