
ਹੋਲਾ ਮਹੱਲਾ ਦੇ ਪਾਵਨ ਅਵਸਰ ਮੌਕੇ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਖ਼ਾਲਸਾ ਪੰਥ ਅਤੇ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਏਕਤਾ ਲਈ ਵਿਸ਼ੇਸ਼ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਮਿਲਜੁਲ ਕੇ ਰਹਿਣ ਦੀ ਪਰੰਪਰਾ ਵਾਲੀ ਧਰਤੀ ਰਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਇਸ ਰੂਹ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੌਜੂਦਾ ਅੰਤਰਰਾਸ਼ਟਰੀ ਤਣਾਅ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਕਈ ਪੰਜਾਬੀ ਪਰਿਵਾਰ ਮੁਸ਼ਕਲ ਘੜੀ ਵਿੱਚੋਂ ਲੰਘ ਰਹੇ ਹਨ।
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਵਿਦੇਸ਼ਾਂ ਵਿੱਚ, ਖ਼ਾਸ ਕਰਕੇ Iran ਅਤੇ Israel ਦੇ ਤਣਾਭਰੇ ਹਾਲਾਤਾਂ ਵਿਚਕਾਰ ਫਸੇ ਪੰਜਾਬੀਆਂ ਦੀ ਮਦਦ ਲਈ ਪਾਰਟੀ ਵੱਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਹਵਾਈ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਆ ਰਹੀਆਂ ਹਨ, ਜਿਸ ਲਈ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਕੇ ਮਦਦ ਦੇ ਯਤਨ ਜਾਰੀ ਹਨ।
ਉਨ੍ਹਾਂ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸੰਭਵ ਹੋਵੇ, ਆਪਣੇ ਭਰਾਵਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਪਾਰਟੀ ਅਤੇ ਸਮੂਹ ਪੰਜਾਬੀ ਭਾਈਚਾਰਾ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ।
ਅਖੀਰ ਵਿੱਚ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਵੀ ਮਦਦ ਦੀ ਲੋੜ ਹੋਵੇ ਤਾਂ ਜਾਰੀ ਕੀਤੇ ਹੈਲਪਲਾਈਨ ਨੰਬਰ 91-9501287100 ‘ਤੇ ਸੰਪਰਕ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਸਹਾਇਤਾ ਪਹੁੰਚਾਈ ਜਾ ਸਕੇ।
Social Plugin