
ਪੱਛਮੀ ਬੰਗਾਲ ਅਤੇ ਅਸਾਮ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਵਾਂ ਰਾਜਾਂ ਵਿੱਚ ਨਵੀਂ ਸਰਕਾਰ ਦੇ ਗਠਨ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਵਿਧਾਇਕ ਦਲ ਦੇ ਨੇਤਾਵਾਂ ਦੀ ਚੋਣ ਕਰਨ ਲਈ ਦਿੱਗਜ ਆਗੂਆਂ ਨੂੰ ਨਿਰੀਖਕਾਂ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਜਲਦ ਹੀ ਦੋਵਾਂ ਰਾਜਾਂ ਦਾ ਦੌਰਾ ਕਰਕੇ ਮੁੱਖ ਮੰਤਰੀ ਦੇ ਨਾਂ 'ਤੇ ਅੰਤਿਮ ਮੋਹਰ ਲਗਾਉਣਗੇ।
ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੇਂਦਰੀ ਨਿਰੀਖਕ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਨਾਲ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੂੰ ਕੇਂਦਰੀ ਸਹਿ-ਨਿਰੀਖਕ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਦੋਵੇਂ ਆਗੂ ਬੰਗਾਲ ਦੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ ਅਤੇ ਸਰਕਾਰ ਦੀ ਰੂਪ-ਰੇਖਾ ਤਿਆਰ ਕਰਨਗੇ।
ਅਸਾਮ ਵਿੱਚ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਮੁੱਖ ਨਿਰੀਖਕ ਬਣਾਇਆ ਗਿਆ ਹੈ। ਉਨ੍ਹਾਂ ਦੀ ਮਦਦ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੇਂਦਰੀ ਸਹਿ-ਨਿਰੀਖਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਸਾਮ ਵਿੱਚ ਪਹਿਲਾਂ ਤੋਂ ਹੀ ਮਜ਼ਬੂਤ ਸਥਿਤੀ ਵਿੱਚ ਰਹੀ ਭਾਜਪਾ ਹੁਣ ਨਵੇਂ ਕਾਰਜਕਾਲ ਲਈ ਰਣਨੀਤੀ ਉਲੀਕ ਰਹੀ ਹੈ।
Social Plugin