
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਉਸਾਰੀ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਸੁਧਾਰ ਲਈ ਇੱਕ ਬਹੁਤ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਸਰਕਾਰ ਨੇ ਪੂਰੇ ਪੰਜਾਬ ਵਿੱਚ 10 ਲੱਖ ਨਵੇਂ ਉਸਾਰੀ ਮਜ਼ਦੂਰਾਂ ਨੂੰ ਮੁਫ਼ਤ ਰਜਿਸਟਰ ਕਰਨ ਅਤੇ ਪੁਰਾਣੀਆਂ ਰਜਿਸਟ੍ਰੇਸ਼ਨਾਂ ਦੇ ਮੁਫ਼ਤ ਨਵੀਨੀਕਰਨ (Renew) ਦਾ ਐਲਾਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅੰਡਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (BOCW) ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਹਰ ਲੋੜਵੰਦ ਕਾਮੇ ਤੱਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਪਹੁੰਚਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਕਸਰ ਮਜ਼ਦੂਰ 145 ਰੁਪਏ ਦੀ ਰਜਿਸਟ੍ਰੇਸ਼ਨ ਫ਼ੀਸ ਦੇ ਡਰੋਂ ਆਪਣਾ ਨਾਂ ਦਰਜ ਕਰਵਾਉਣ ਤੋਂ ਝਿਜਕਦੇ ਸਨ। ਇਸੇ ਰੁਕਾਵਟ ਨੂੰ ਦੂਰ ਕਰਨ ਲਈ ਸਰਕਾਰ ਨੇ ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਹ ਫ਼ੀਸ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੀ ਹੈ। ਇਸ ਵੱਡੇ ਕਦਮ ਨਾਲ ਸਰਕਾਰੀ ਖ਼ਜ਼ਾਨੇ ‘ਤੇ ਲਗਭਗ 15 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ, ਜਿਸ ਨੂੰ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ। ਇਸ ਤੋਂ ਇਲਾਵਾ, ਜਿਹੜੇ ਮਜ਼ਦੂਰ ਰਜਿਸਟ੍ਰੇਸ਼ਨ ਦੇ ਇੱਕ ਸਾਲ ਦੇ ਅੰਦਰ ਕਿਸੇ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ, ਉਨ੍ਹਾਂ ਦੀ ਫ਼ੀਸ ਦਾ ਖ਼ਰਚਾ ਵੀ ਸਰਕਾਰ ਹੀ ਓਟੇਗੀ।
ਕਿਰਤ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਜ਼ਦੂਰ ਦਿਨ ਵੇਲੇ ਕੰਮ ‘ਤੇ ਹੁੰਦੇ ਹਨ, ਇਸ ਲਈ ਪਿੰਡਾਂ ਵਿੱਚ ਸ਼ਾਮ ਦੇ ਸਮੇਂ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਪਹਿਲਾਂ ਵਿੱਤੀ ਸਹਾਇਤਾ ਦੀਆਂ ਅਰਜ਼ੀਆਂ ਦੇ ਨਿਪਟਾਰੇ ਲਈ 203 ਦਿਨਾਂ ਦਾ ਲੰਬਾ ਸਮਾਂ ਲੱਗਦਾ ਸੀ, ਜਿਸ ਨੂੰ ਮਾਨ ਸਰਕਾਰ ਨੇ ਹੁਣ ਘਟਾ ਕੇ ਸਿਰਫ਼ 73 ਦਿਨ ਕਰ ਦਿੱਤਾ ਹੈ।
ਮਜ਼ਦੂਰਾਂ ਦੀ ਸਹੂਲਤ ਲਈ ਹੁਣ ਲੇਬਰ ਚੌਕੀਆਂ ‘ਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਅਤੇ ਬੈਠਣ ਲਈ ਸ਼ੈੱਡ ਬਣਾਏ ਜਾਣਗੇ। ਇਸ ਦੇ ਨਾਲ ਹੀ, ਕਾਮਿਆਂ ਦੀ ਕਮਾਈ ਵਧਾਉਣ ਦੇ ਮਕਸਦ ਨਾਲ 50,000 ਰਜਿਸਟਰਡ ਮਜ਼ਦੂਰਾਂ ਦਾ ਡੇਟਾ 'ਪੰਜਾਬ ਹੁਨਰ ਵਿਕਾਸ ਮਿਸ਼ਨ' ਨਾਲ ਸਾਂਝਾ ਕੀਤਾ ਜਾਵੇਗਾ। ਇਨ੍ਹਾਂ ਕਾਮਿਆਂ ਨੂੰ ਉਸਾਰੀ ਵਾਲੀਆਂ ਥਾਵਾਂ ਅਤੇ ਵਿਸ਼ੇਸ਼ ਕੈਂਪਾਂ ਵਿੱਚ ਸ਼ਟਰਿੰਗ, ਵਾਇਰਿੰਗ, ਰਾਜਮਿਸਤਰੀ, ਪੇਂਟਿੰਗ ਅਤੇ ਫੈਬਰੀਕੇਸ਼ਨ ਵਰਗੇ ਤਕਨੀਕੀ ਖੇਤਰਾਂ ਦੀ ਆਧੁਨਿਕ ਸਿਖਲਾਈ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਮਹਿਲਾ ਮਜ਼ਦੂਰਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ 'ਮਾਵਾਂ ਧੀਆਂ ਸਤਕਾਰ ਯੋਜਨਾ' ਦੇ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈ ਜਾਵੇ। ਇਸ ਅਹਿਮ ਬੈਠਕ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਕਿਰਤ ਵਿਭਾਗ ਦੇ ਕਈ ਉੱਚ ਅਧਿਕਾਰੀ ਮੌਜੂਦ ਸਨ।
Social Plugin