
ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਵਧਦੀ ਸਰਗਰਮੀ ਅਤੇ ਤਾਜ਼ਾ ਛਾਪੇਮਾਰੀ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰੀ ਏਜੰਸੀ ਦੀ ਇਸ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਗੰਭੀਰ ਆਰੋਪ ਲਗਾਏ ਹਨ।
"ਵਪਾਰੀਆਂ 'ਤੇ ਦਬਾਅ ਬਣਾ ਕੇ ਡਰਾਉਣ ਦੀ ਕੋਸ਼ਿਸ਼" – ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ (ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ।
ਸੀਐਮ ਮਾਨ ਨੇ ਲਿਖਿਆ:
"ਪੰਜਾਬ ਦੇ ਸਥਾਨਕ ਕਾਰੋਬਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ED ਦੇ ਜ਼ਰੀਏ ਵਪਾਰੀਆਂ 'ਤੇ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਡਰਾ-ਧਮਕਾ ਕੇ ਆਪਣੇ ਪੱਖ ਵਿੱਚ ਕੀਤਾ ਜਾ ਸਕੇ। ਹਿੰਦੂ ਕਾਰੋਬਾਰੀ ਸਾਡੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"
0
ਕੇਜਰੀਵਾਲ ਦੀ ਵਪਾਰੀਆਂ ਨੂੰ ਅਪੀਲ: "ਸਰਕਾਰ ਤੁਹਾਡੇ ਨਾਲ ਖੜ੍ਹੀ ਹੈ"
ਦੂਜੇ ਪਾਸੇ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਵਿੱਚ ਪੰਜਾਬ ਦੇ ਵਪਾਰੀ ਵਰਗ ਦਾ ਪੱਖ ਪੂਰਦਿਆਂ ਈਡੀ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਛੋਟੇ ਅਤੇ ਮੱਧਮ ਵਰਗ ਦੇ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਾਰੋਬਾਰੀਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਪੂਰੀ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਇਸ ਸਿਆਸੀ ਬਦਲਾਖੋਰੀ ਦਾ ਮਿਲ ਕੇ ਮੁਕਾਬਲਾ ਕੀਤਾ ਜਾਵੇਗਾ।
ਮਾਹਿਰਾਂ ਦੀ ਨਜ਼ਰ: ਸੂਬੇ ਵਿੱਚ ਅਚਾਨਕ ਵਧੀ ਈਡੀ ਦੀ ਹਲਚਲ ਅਤੇ ਸਿਆਸੀ ਆਗੂਆਂ ਦੇ ਇਨ੍ਹਾਂ ਤਿੱਖੇ ਬਿਆਨਾਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ।
Social Plugin