
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਪਣਾ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਅੱਜ ਜਲੰਧਰ ਸਥਿਤ ਈਡੀ ਦਫ਼ਤਰ ਵਿਖੇ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ‘ਕਿੱਕੀ’ ਢਿੱਲੋਂ ਮੁੜ ਪੇਸ਼ ਹੋਏ। ਦੋਵਾਂ ਆਗੂਆਂ ਤੋਂ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਘੰਟਿਆਂਬੱਧੀ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਨਾਲ ਸਬੰਧਤ ਰਿਕਾਰਡ ਦੀ ਪੜਤਾਲ ਕੀਤੀ।
ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਅੱਜ ਈਡੀ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਪਹੁੰਚੇ। ਦਫ਼ਤਰ ਅੰਦਰ ਜਾਣ ਵੇਲੇ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਤੋਂ ਦੂਰੀ ਬਣਾਈ ਰੱਖੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2 ਜੂਨ ਨੂੰ ਵੀ ਅਰੋੜਾ ਤੋਂ ਲਗਾਤਾਰ 9 ਘੰਟੇ ਪੁੱਛਗਿੱਛ ਕੀਤੀ ਗਈ ਸੀ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਉਗਰਾਹੀ ਦੇ ਦੋਸ਼ਾਂ ਹੇਠ ਦਰਜ ਐਫਆਈਆਰ ਨੂੰ ਆਧਾਰ ਬਣਾ ਕੇ ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਇਹ ਜਾਂਚ ਸ਼ੁਰੂ ਕੀਤੀ ਹੈ। ਅਰੋੜਾ ਪਹਿਲਾਂ ਵੀ ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਹੁਣ ਕੇਂਦਰੀ ਏਜੰਸੀ ਉਨ੍ਹਾਂ ਦੇ ਕਾਰੋਬਾਰੀ ਸਬੰਧਾਂ ਅਤੇ ਜਾਇਦਾਦ ਦੇ ਵੇਰਵਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਦੂਜੇ ਪਾਸੇ, ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਵੇਰੇ 11 ਵਜੇ ਦੇ ਕਰੀਬ ਦਸਤਾਵੇਜ਼ਾਂ ਦਾ ਇੱਕ ਮੋਟਾ ਬੰਡਲ ਲੈ ਕੇ ਈਡੀ ਦਫ਼ਤਰ ਪਹੁੰਚੇ। ਅੱਠ ਦਿਨਾਂ ਦੇ ਅੰਦਰ ਇਹ ਉਨ੍ਹਾਂ ਦੀ ਦੂਜੀ ਪੇਸ਼ੀ ਸੀ। ਇਸ ਤੋਂ ਪਹਿਲਾਂ 4 ਜੂਨ ਨੂੰ ਵੀ ਏਜੰਸੀ ਨੇ ਉਨ੍ਹਾਂ ਤੋਂ ਲੰਬੀ ਪੁੱਛਗਿੱਛ ਕੀਤੀ ਸੀ।
ਈਡੀ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਬਾਹਰ ਆਏ ਸਾਬਕਾ ਵਿਧਾਇਕ ਨੇ ਕਿਹਾ ਕਿ ਏਜੰਸੀ ਵੱਲੋਂ ਮੰਗੇ ਗਏ ਆਮਦਨ ਨਾਲ ਸਬੰਧਤ ਸਾਰੇ ਜ਼ਰੂਰੀ ਕਾਗਜ਼ਾਤ ਉਨ੍ਹਾਂ ਨੇ ਜਮ੍ਹਾ ਕਰਵਾ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਦੇ ਵਤੀਰੇ ਨੂੰ ਸਹਿਯੋਗੀ ਦੱਸਿਆ ਅਤੇ ਕਿਹਾ ਕਿ ਕਿਉਂਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਇਸ ਲਈ ਉਹ ਵਧੇਰੇ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।
ਵਿਜੀਲੈਂਸ ਬਿਊਰੋ ਵੱਲੋਂ ਮਈ 2023 ਵਿੱਚ ਦਰਜ ਕੀਤੇ ਕੇਸ ਤੋਂ ਬਾਅਦ ਹੁਣ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕਿੱਕੀ ਢਿੱਲੋਂ ਨੇ ਭਾਰਤੀ ਨਿਆਂ ਪ੍ਰਣਾਲੀ ਵਿੱਚ ਆਪਣਾ ਅਟੁੱਟ ਵਿਸ਼ਵਾਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਾਂਚ ਵਿੱਚ ਸਹਿਯੋਗ ਕੀਤਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਫਿਲਹਾਲ ਈਡੀ ਵੱਲੋਂ ਦੋਵਾਂ ਆਗੂਆਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜਾਂਚ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕਦਾ ਹੈ
Social Plugin