ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ
– ਜਾਣੋ ਕਿਹੜੀ ਮੰਗ ‘ਤੇ ਅੜੇ !
ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ) : ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਕਾਕਰੋਚ ਜਨਤਾ ਪਾਰਟੀ ਦੀਆਂ ਮੰਗਾਂ ਦੇ ਸਮਰਥਨ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।ਲੱਦਾਖ ਦੇ ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਐਤਵਾਰ ਨੂੰ ਜੰਤਰ-ਮੰਤਰ ‘ਤੇ ਅਨਿਸ਼ਚਿਤਕਾਲੀ ਭੁੱਖ ਹੜਤਾਲ ਸ਼ੁਰੂ ਕੀਤੀ। NEET ਪੇਪਰ ਲੀਕ ਅਤੇ CBSE ਦੀਆਂ ਗੜਬੜੀਆਂ ਦੇ ਵਿਰੋਧ ਵਿੱਚ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਦਾ ਅੱਜ 9ਵਾਂ ਦਿਨ ਹੈ।
CJP ਪਿਛਲੀ 20 ਜੂਨ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਭੁੱਖ ਹੜਤਾਲ ਸ਼ੁਰੂ ਹੁੰਦੇ ਹੀ ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀ ਅਤੇ ਵਿਦਿਆਰਥੀ ਇਕੱਠੇ ਹੋਣੇ ਸ਼ੁਰੂ ਹੋ ਗਏ।ਪ੍ਰਦਰਸ਼ਨ ਵਿੱਚ ਕਈ ਕਿਸਾਨ ਆਗੂ ਵੀ ਸ਼ਾਮਲ ਹੋਏ।
ਵਿਰੋਧ ਪ੍ਰਦਰਸ਼ਨ ਦੌਰਾਨ ਸੀਜੇਪੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਇੱਕ ਪ੍ਰੀਖਿਆ ਤੱਕ ਸੀਮਤ ਨਹੀਂ ਹੈ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇ ਨੂੰ ਲੈ ਕੇ ਵਿਆਪਕ ਚਿੰਤਾਵਾਂ ਨੂੰ ਵੀ ਦਰਸਾਉਂਦਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ ਹੈ।
ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸੋਨਮ ਵਾਂਗਚੁਕ ਅਤੇ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਦੀਪਕੇ ਨੇ ਕਿਸਾਨਾਂ, ਵਿਦਿਆਰਥੀਆਂ ਅਤੇ ਜਥੇਬੰਦੀਆਂ ਨੂੰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਲਈ ਜਵਾਬਦੇਹੀ ਦੀ ਮੰਗ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

Social Plugin