ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ
– ਮਾਨਸੂਨ ਇਜਲਾਸ ਦਾ ਚੌਥਾ ਦਿਨ ਵੀ ਹੰਗਾਮੇਦਾਰ; ਗੈਰ-ਕਾਨੂੰਨੀ ਮਾਈਨਿੰਗ ‘ਤੇ ਤਿੱਖੀ ਨੋਕ-ਝੋਕ
ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ ਹੁਣ ਸਦਨ ਦੀ ਕਾਰਵਾਈ ਭਲਕੇ ਸਵੇਰੇ 10 ਵਜੇ ਮੁੜ ਸ਼ੁਰ ਹੋਵੇਗੀ। ਇਹ ਸੈਸ਼ਨ 10 ਅਗਸਤ ਤੱਕ ਚੱਲੇਗਾ ਅਤੇ ਮੌਜੂਦਾ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਆਖ਼ਰੀ ਵਿਧਾਨ ਸਭਾ ਸੈਸ਼ਨ ਹੈ।
ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਚੌਥਾ ਦਿਨ ਸੀ ਅਤੇ ਅੱਜ ਵੀ ਸਦਨ ਦੀ ਕਾਰਵਾਈ ਹੰਗਾਮਾ ਭਰਪੂਰ ਰਹੀ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਚੌਥੇ ਦਿਨ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰ ਨੈੱਟਵਰਕ ਦਾ ਮੁੱਦਾ ਗਰਮਾ ਗਿਆ। ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਤਿੱਖੀ ਨੋਕ-ਝੋਕ ਹੋਈ।
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਗ਼ੈਰ-ਕਾਨੂੰਨੀ ਖਣਨ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਹੋਰ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਅਸਲ ਸਥਿਤੀ ਜਾਣਨ ਲਈ ਸਰਕਾਰ ਨੂੰ ਮੌਕੇ ‘ਤੇ ਜਾ ਕੇ ਨਿਰੀਖਣ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਗੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਮਾਫ਼ ਕਰਨਾ, ਹੁਣ ‘ਆਪ’ (AAP) ਦੀ ਹਾਲਤ ਅਜਿਹੀ ਹੋ ਗਈ ਹੈ ਕਿ ਜਿਵੇਂ ਘਰ ਵਿੱਚ ਧੀ ਪੈਦਾ ਹੋ ਜਾਵੇ ਤਾਂ ਕਹਿੰਦੇ ਹਨ ਕਿ ਕੇਂਦਰ ਸਰਕਾਰ ਦਾ ਕਸੂਰ ਹੈ। ਪੁੱਤ ਪੈਦਾ ਹੋ ਜਾਵੇ ਤਾਂ ਉਸ ਦਾ ਸਿਹਰਾ ਖ਼ੁਦ ਲੈ ਲੈਂਦੇ ਹਨ। 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਵਾਅਦਾ ਸਰਕਾਰ ਨੇ ਕੀਤਾ ਸੀ।
ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕੇਂਦਰ ਅਤੇ ਰਾਜਾਂ ਦੇ ਸਬੰਧਾਂ ਦਾ ਮਾਮਲਾ ਹੈ। ਕੇਂਦਰ ਸਰਕਾਰ ਪੰਜਾਬ ਦਾ ਬਣਦਾ ਫ਼ੰਡ ਰੋਕ ਰਹੀ ਹੈ। ਉੱਥੇ ਹੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਆਗੂ ਨੇ ਅਜਿਹਾ ਬਿਆਨ ਦੇ ਕੇ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਹੌਲੀ-ਹੌਲੀ ਐਜੂਕੇਸ਼ਨ ਹੱਬ ਵਜੋਂ ਉੱਭਰ ਰਿਹਾ ਹੈ। ਦੇਸ਼ ਭਰ ਵਿੱਚ ਲਗਭਗ 58 ਹਜ਼ਾਰ ਵਿਦੇਸ਼ੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚ ਵੀ ਨੇਪਾਲ, ਅਫ਼ਰੀਕੀ ਦੇਸ਼ਾਂ, ਅਫ਼ਗਾਨਿਸਤਾਨ ਅਤੇ ਹੋਰਨਾਂ ਦੇਸ਼ਾਂ ਦੇ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਵਿੱਚ ਕੋਈ ਇਤਰਾਜ਼ ਵਾਲੀ ਗੱਲ ਨਹੀਂ ਹੈ। ਪੰਜਾਬ ਵਿੱਚ ਤਿੰਨ ਨਵੀਂਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।
Social Plugin