Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

 

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 15 ਅਗਸਤ 2026 (ਵਿਸ਼ਵ ਵਾਰਤਾ): ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ ਅਤੇ ਐੱਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਅਤੇ ਬੈਂਡ ਟੀਮਾਂ ਵੱਲੋਂ ਵੀ ਪੇਸ਼ਕਾਰੀ ਕੀਤੀ ਗਈ।
ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੀ ਡਿਊਟੀ ਗੁਰੂ ਸਾਹਿਬ ਦੀ ਪਾਵਨ ਧਰਤੀ ਅੰਮ੍ਰਿਤਸਰ ਵਿਖੇ ਲੱਗੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਵਾਸੀਆਂ ਅਤੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਵਾਲੀ ਇਸ ਪਵਿੱਤਰ ਧਰਤੀ ਨੂੰ ਸਿਜਦਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਸਮੁੱਚੇ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਰਲ-ਮਿਲ ਕੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਨ।

ਅਮਨ ਅਰੋੜਾ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਇਹ ਧਰਤੀ ਹਮੇਸ਼ਾ ਇਸੇ ਤਰ੍ਹਾਂ ਮੁਸਕੁਰਾਉਂਦੀ, ਹੱਸਦੀ-ਵੱਸਦੀ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਤੋਂ ਇਸੇ ਟੀਚੇ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਜਦੋਂ ਲੋਕਾਂ ਲਈ ਪੂਰੀ ਸਾਫ਼ ਨੀਅਤ ਅਤੇ ਨੀਤੀ ਨਾਲ ਕੰਮ ਕੀਤਾ ਜਾਂਦਾ ਹੈ ਤਾਂ ਲੋਕ ਆਪਣਾ ਮਾਣ-ਸਨਮਾਨ ਅਤੇ ਆਸ਼ੀਰਵਾਦ ਖੁਦ ਦਿੰਦੇ ਹਨ।

ਇਸ ਮੌਕੇ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਦੀ ਰੌਣਕ ਵਿੱਚ ਵਾਧਾ ਕੀਤਾ ਗਿਆ। ਅੰਮ੍ਰਿਤਸਰ ਵਿੱਚ ਮਨਾਏ ਗਏ ਇਸ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੂਰਾ ਗੁਰੂ ਨਾਨਕ ਸਟੇਡੀਅਮ ਤਿਰੰਗੇ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ ਅਤੇ ਹਰ ਪਾਸੇ ਦੇਸ਼ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ।