ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ
ਚੰਡੀਗੜ੍ਹ, 20 ਸਤੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਛੇਕ ਦਿੱਤਾ ਹੈ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਵੱਡਾ ਫੈਸਲਾ ਸੁਣਾਇਆ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕ ਦਿੱਤਾ ਹੈ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਹਾਜ਼ਰ ਸਨ। ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ। ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਹ ਪੰਥ ਵਿਚੋਂ ਖਾਰਜ ਮੰਨੇ ਜਾਣਗੇ।

Social Plugin