ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ
ਦੁਸਹਿਰਾ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਸਾਨੂੰ ਸੱਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ: ਹਰਭਜਨ ਸਿੰਘ ਈ.ਟੀ.ਓ
ਜੰਡਿਆਲਾ ਗੁਰੂ, 20 ਅਕਤੂਬਰ - ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਰਾਵਣ ਦਹਨ ਕੀਤਾ। ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਦੁਸਹਿਰੇ ਦਾ ਤਿਉਹਾਰ ਇਲਾਕੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਬਦੀ ’ਤੇ ਨੇਕੀ ਅਤੇ ਅਧਰਮ ’ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਬੁਰਾਈਆਂ ਦਾ ਤਿਆਗ ਕਰਕੇ ਚੰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਸਾਂਝ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Social Plugin